ਅੱਜ ਚਰਨਜੀਤ ਚੰਨੀ, ਰਵਨੀਤ ਬਿੱਟੂ ਸਣੇ ਆਹ 18 ਉਮੀਦਵਾਰ ਭਰਨਗੇ ਨਾਮਜ਼ਦਗੀ,

0
100058
ਅੱਜ ਚਰਨਜੀਤ ਚੰਨੀ, ਰਵਨੀਤ ਬਿੱਟੂ ਸਣੇ ਆਹ 18 ਉਮੀਦਵਾਰ ਭਰਨਗੇ ਨਾਮਜ਼ਦਗੀ,

 

ਲੋਕ ਸਭਾ ਉਮੀਦਵਾਰਾਂ ਦੀ ਨਾਮਜ਼ਦਗੀ: ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਭਾਜਪਾ ਦੇ 6 ਉਮੀਦਵਾਰ ਭਰਨਗੇ ਨਾਮਜ਼ਦਗੀ: ਅੱਜ ਯਾਨੀ ਸ਼ੁੱਕਰਵਾਰ ਨੂੰ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ‘ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਜਲੰਧਰ ਤੋਂ 4 ਪਾਰਟੀਆਂ ਦੇ ਉਮੀਦਵਾਰ ਭਰਨਗੇ ਨਾਮਜ਼ਦਗੀ: ਜਲੰਧਰ ‘ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਅਤੇ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ, ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਅਤੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਵੀ ਅੱਜ ਅਕਸ਼ੈ ਤ੍ਰਿਤੀਆ ਮੌਕੇ ਆਪਣੇ ਨਾਮਜ਼ਦਗੀ ਪੱਤਰ ਭਰਨਗੇ। ਇਸੇ ਤਰ੍ਹਾਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ, ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਵੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ, ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

 

LEAVE A REPLY

Please enter your comment!
Please enter your name here