ਵਿਜੀਲੈਂਸ ਬਿਊਰੋ ਨੇ NABS ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0
100014
ਵਿਜੀਲੈਂਸ ਬਿਊਰੋ ਨੇ NABS ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐੱਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਐਚ.ਜੀ. ਵਲੰਟੀਅਰ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਰੇਨੋ ਕਵਿਡ ਕਾਰ ਇੱਕ ਡੀਲਰ ਤੋਂ ਖਰੀਦੀ ਸੀ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ., ਇੰਸ਼ੋਰੈਂਸ ਆਦਿ ਮੁਹੱਈਆ ਨਹੀਂ ਕਰਵਾ ਰਿਹਾ ਸੀ, ਜਿਸ ਕਾਰਨ ਸ਼ਿਕਾਇਤਕਰਤਾ ਨੇ ਡੀਲਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਹੈੱਡ ਕਾਂਸਟੇਬਲ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਨਿਸ਼ਾਨਬੱਧ ਕੀਤਾ ਗਿਆ ਜੋ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਦੋਸ਼ੀ ਪੀਐਚਜੀ ਬਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here